ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਲਈ ਕਬਜ਼ੇ ਹਟਾਉਣ ਅਤੇ ਪ੍ਰਾਜੈਕਟ ਨੂੰ ਤੇਜ਼ ਕਰਨ ਲਈ ਜਾਰੀ ਕੀਤੇ ਨਿਰਦੇਸ਼

ਲੁਧਿਆਣਾ ( Rajan ) :- ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਦੇ ਪ੍ਰਾਜੈਕਟ ਸਮੇਤ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਬੁੱਧਵਾਰ ਨੂੰ ਨਗਰ ਨਿਗਮ ਜ਼ੋਨ ਏ ਦਫ਼ਤਰ ਵਿਖੇ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਅਤੇ ਇਸ ਪ੍ਰਾਜੈਕਟ ਵਿੱਚ ਅੜਿੱਕਾ ਬਣ ਰਹੇ ਕਬਜ਼ਿਆਂ ਨੂੰ ਹਟਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਗਏ।ਬੁੱਧਵਾਰ ਨੂੰ ਨਗਰ ਨਿਗਮ ਜ਼ੋਨ ਡੀ ਦੀ ਟੀਮ ਨੇ ਬੁੱਢੇ ਨਾਲੇ ਦੇ ਕੰਢੇ 15 ਦੇ ਕਰੀਬ ਕਬਜ਼ਿਆਂ ਨੂੰ ਵੀ ਹਟਾਇਆ, ਜੋ ਸੜਕ ਬਣਾਉਣ ਦੇ ਪ੍ਰੋਜੈਕਟ ਵਿੱਚ ਰੁਕਾਵਟ ਬਣ ਰਹੇ ਸਨ। ਚੰਦਰ ਨਗਰ ਪੁਲੀ ਤੋਂ ਸ਼ੁਰੂ ਹੋ ਕੇ ਕੁੰਦਨਪੁਰੀ ਪੁਲੀ ਤੱਕ ਕਬਜ਼ਿਆਂ ਨੂੰ ਹਟਾਇਆ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਬਾਕੀ ਰਹਿੰਦੇ ਕਬਜ਼ਿਆਂ ਦੀ ਵੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਵੀ ਹਟਾ ਦਿੱਤਾ ਜਾਵੇਗਾ।ਵਿਧਾਇਕ ਬੱਗਾ ਨੇ ਦੱਸਿਆ ਕਿ ਬੁੱਢੇ ਨਾਲੇ ਦੇ ਨਾਲ ਲੱਗਦੀ ਜ਼ਮੀਨ ’ਤੇ ਕਬਜ਼ਾ ਕਰਨ ਵਾਲੇ ਇਲਾਕਾ ਵਾਸੀਆਂ ਨਾਲ ਵੀ ਉਸਾਰੂ ਗੱਲਬਾਤ ਕੀਤੀ ਗਈ। ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਜ਼ਮੀਨ ‘ਤੇ ਆਪਣੀ ਮਲਕੀਅਤ ਸਾਬਤ ਕਰਨ ਜਾਂ ਖੁਦ ਕਬਜ਼ਿਆਂ ਨੂੰ ਹਟਾ ਦੇਣ, ਨਹੀਂ ਤਾਂ ਨਗਰ ਨਿਗਮ ਕਾਰਵਾਈ ਕਰਕੇ ਕਬਜ਼ਿਆਂ ਨੂੰ ਹਟਾਉਣ ਲਈ ਮਜਬੂਰ ਹੋਵੇਗਾ।ਵਿਧਾਇਕ ਬੱਗਾ ਨੇ ਕਿਹਾ ਕਿ ਨਾਲੇ ਦੇ ਦੂਜੇ ਪਾਸੇ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਵੀ ਵੱਖ-ਵੱਖ ਤਰੀਕਿਆਂ ਨਾਲ ਫਾਇਦਾ ਹੋਵੇਗਾ। ਇਸ ਨਾਲ ਇਲਾਕੇ ਵਿੱਚ ਆਵਾਜਾਈ ਵੀ ਸੁਚਾਰੂ ਹੋਵੇਗੀ।ਵਿਧਾਇਕ ਬੱਗਾ ਨੇ ਕਿਹਾ ਕਿ ਉੱਤਰੀ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਸਨੀਕਾਂ ਦੀ ਸਹੂਲਤ ਲਈ ਮਿਆਰੀ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here