ਬੁੱਢਾ ਦਰਿਆ ਦੇ ਨਾਲ-ਨਾਲ ਮੀਆਂਵਾਕੀ ਸੰਘਣਾ ਜੰਗਲ ਸਥਾਪਿਤ ਕੀਤਾ ਜਾਵੇਗਾ, ਡਿਪਟੀ ਕਮਿਸ਼ਨਰ ਵੱਲੋਂ ਭਾਗੀਦਾਰਾਂ ਦੇ ਨਾਲ ਤਿਆਰੀਆਂ ਦੀ ਸਮੀਖਿਆ

ਲੁਧਿਆਣਾ (Rajan) :- ਲੁਧਿਆਣਾ ਨੂੰ ਹਰਿਆ ਭਰਿਆ ਬਣਾਉਣ ਦੇ ਉਦੇਸ਼ ਨਾਲ ਬੁੱਢਾ ਦਰਿਆ ਦੇ ਨਾਲ-ਨਾਲ ਮਿਆਵਾਕੀ ਸੰਘਣਾ ਜੰਗਲ ਜਲਦ ਸਥਾਪਿਤ ਕੀਤਾ ਜਾਵੇਗਾ।ਬੁੱਢਾ ਦਰਿਆ ਦੇ ਨਾਲ ਲੱਗਦੇ ਇਲਾਕੇ ਵਿੱਚ ਜੰਗਲ ਨੂੰ ਵਿਕਸਤ ਕਰਨ ਦੀ ਯੋਜਨਾ ਸਬੰਧੀ ਜੰਗਲਾਤ ਵਿਭਾਗ, ਡਰੇਨੇਜ ਵਿਭਾਗ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬੁੱਢਾ ਦਰਿਆ ਦੇ ਨਾਲ-ਨਾਲ ਕੁਝ ਲੋੜੀਂਦੀ ਜ਼ਮੀਨ ਦੀ ਸ਼ਨਾਖਤ ਵੀ ਕਰ ਲਈ ਗਈ ਹੈ ਅਤੇ ਪ੍ਰੋਜੈਕਟ ਤਹਿਤ ਜਲਦ ਕਾਰਜ਼ ਸ਼ੁਰੂ ਹੋ ਜਾਵੇਗਾ। ਉਨ੍ਹਾਂ

ਕਿਹਾ ਕਿ ਜੰਗਲਾਤ ਲਈ ਜਾਪਾਨੀ ਤਕਨੀਕ ਮੀਆਵਾਕੀ ਵਿਧੀ ਅਪਣਾਈ ਜਾਵੇਗੀ ਜੋ ਪੌਦਿਆਂ ਦੇ ਸੰਘਣੇ ਵਿਕਾਸ ਨੂੰ ਯਕੀਨੀ ਬਣਾਉਂਦੀ ਹੈ ਅਤੇ ਕਾਰਬਨ-ਡਾਈਆਕਸਾਈਡ ਨੂੰ ਘੱਟ ਕਰਨਾ ਵੀ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜੰਗਲ ਅਸਲ ਵਿੱਚ ਗ੍ਰੀਨ ਹਾਊਸ ਗੈਸਾਂ ਨੂੰ ਘਟਾਉਣ ਅਤੇ ਵਾਤਾਵਰਨ ਨੂੰ ਸਿਹਤਮੰਦ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਬੁੱਢਾ ਦਰਿਆ ਦੇ ਨਾਲ-ਨਾਲ ਸਥਾਪਿਤ ਕੀਤਾ ਜਾਣ ਵਾਲਾ ਜੰਗਲ ਜਿੱਥੇ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕਰੇਗਾ ਉੱਥੇ ਨਾਜਾਇਜ ਕਬਜਿਆਂ ਨੂੰ ਵੀ ਠੱਲ੍ਹ ਪਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਰਧਮਾਨ ਗਰੁੱਪ ਨੇ

ਇਸ ਸਬੰਧੀ ਪ੍ਰਸ਼ਾਸਨ ਕੋਲ ਪ੍ਰਸਤਾਵ ਪੇਸ਼ ਕੀਤਾ ਹੈ ਅਤੇ ਜਲਦ ਹੀ ਉਨ੍ਹਾਂ ਨਾਲ ਐਮ.ਓ.ਯੂ. ਸਾਈਨ ਕਰ ਲਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਪਵਿੱਤਰ ਕਾਰਜ ਨੂੰ ਸ਼ੁਰੂ ਕਰਨ ਲਈ ਲੋੜੀਂਦੀਆਂ ਸ਼ਰਤਾਂ ਨੂੰ ਜਲਦ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰਸਾਹਨੀ ਨੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੂਟੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਵਡਮੁੱਲੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰਾਂ ਵਿੱਚ ਓਜਸਵੀ ਅਲੰਕਾਰ, ਅਨਮੋਲ ਸਿੰਘ ਧਾਲੀਵਾਲ ਤੋਂ ਇਲਾਵਾ ਸਹਾਇਕ ਕਮਿਸ਼ਨਰ ਉਪਿੰਦਰ ਕੌਰ ਬਰਾੜ, ਡੀ.ਡੀ.ਪੀ.ਓ ਨਵਦੀਪ ਕੌਰ ਅਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here